ਦਿੱਲੀ : ਆਪਣਾ ਪੰਜਾਬ ਮੀਡੀਆ : ਦੇ ਜੰਤਰ-ਮੰਤਰ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਪਹੁੰਚੇ ਅਤੇ ਪਹਿਲਵਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। 23 ਅਪ੍ਰੈਲ ਤੋਂ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪਹਿਲਵਾਨਾਂ ਦੇ ਹੱਕ 'ਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਉਸਦੇ ਉਪਰ ਜਿਨਸੀ ਸੋਸ਼ਣ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ 11 ਮਈ ਤੋਂ 18 ਮਈ ਤੱਕ ਦੇਸ਼ ਭਰ ਵਿੱਚ ਮੋਦੀ ਸਰਕਾਰ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ। ਉਗਰਾਹਾਂ ਨੇ ਕਿਹਾ ਕਿ ਸਰਕਾਰ ਨੂੰ ਉਸੇ ਵੇਲੇ ਹੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਸੀ ਕਿਉਂਕਿ ਉਸ ਖਿਲਾਫ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ ਅਤੇ ਉਹ ਵਿਵਾਦਿਤ ਇਨਸਾਨ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹੋਰ ਵੀ ਕਿਸਾਨ ਜਥੇਬੰਦੀਆਂ ਵੱਲੋਂ ਇਸ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਉਗਰਾਹਾਂ ਤੋਂ ਇਲਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਕੇ ਪਹਿਲਵਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।