ਸੰਗਰੂਰ : ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੀਆਂ ਟੀਕਾਕਰਨ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਵਿਸ਼ਵ ਸਿਹਤ ਸੰਸਥਾ ਦੇ ਸਰਵੇਲੈਂਸ ਮੈਡੀਕਲ ਅਫ਼ਸਰ ਡਾ. ਨਿਵੇਦਿਤਾ ਦੁਆਰਾ ਮਲਟੀਪਰਪਜ਼ ਹੈਲਥ ਸੁਪਰਵਾਈਜਰ (ਫੀਮੇਲ ) ਨੂੰ ਵੀ.ਪੀ.ਡੀ.(ਵੈਕਸੀਨ ਪ੍ਰਵੈਂਟੇਬਲ ਡੀਜੀਜ਼) ਸਬੰਧੀ ਵਰਕਸ਼ਾਪ ਲਗਾਈ ਗਈ।
ਇਸ ਟਰੇਨਿੰਗ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਸਮੂਹ ਸੁਪਰਵਾਈਜ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਵੱਖ ਵੱਖ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦਾ ਰੁਟੀਨ ਟੀਕਾਕਰਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਦਕਾ ਹੀ ਅਸੀਂ ਬੀਤੇ ਸਮੇਂ ਵਿੱਚ ਚੇਚਕ, ਪੋਲੀਓ ਆਦਿ ਖਤਰਨਾਕ ਬੀਮਾਰੀਆਂ ਨੂੰ ਖ਼ਤਮ ਕਰ ਚੁੱਕੇ ਹਾਂ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਟੀਕਾਕਰਨ ਦੇ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਭੱਠਿਆਂ, ਪਥੇਰਾ, ਫੈਕਟਰੀਆਂ ਅਤੇ ਸਲੱਮ ਏਰੀਏ ਵਿੱਚ ਟੀਕਾਕਰਨ ਤੋਂ ਵਾਂਝੇ ਬੱਚਿਆਂ ਨੂੰ ਲੱਭ ਕੇ ਉਹਨਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਸੁਪਰਵਾਈਜ਼ਰਾਂ ਨੂੰ ਕਿਹਾ ਕਿ ਟ੍ਰੇਨਿੰਗ ਹਾਸਲ ਕਰਨ ਤੋਂ ਬਾਅਦ ਆਪੋ ਆਪਣੇ ਬਲਾਕ ਦੀਆਂ ਸਮੂਹ ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਵੀ ਟਰੇਂਡ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਨਿਰਧਾਰਤ ਟੀਚੇ ਹਾਸਿਲ ਕੀਤੇ ਜਾ ਸਕਣ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ, ਬੀ.ਈ.ਈ ਜਸਪਾਲ ਸਿੰਘ ਜਟਾਣਾ, ਸ.ਗੁਰਪ੍ਰੀਤ ਸਿੰਘ ਕੋਲਡ ਚੇਨ ਮੈਨੇਜਰ, ਕਮਲਪ੍ਰੀਤ ਸਿੰਘ ਹਾਜ਼ਰ ਸਨ।