ਸੰਗਰੂਰ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗ਼ਦਰ ਭਵਨ ਸੰਗਰੂਰ ਵਿਖੇ ਹੋਈ। ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ, ਬਦਲਵੇਂ ਖੇਤੀ ਮਾਡਲ, ਵਾਹਗਾ ਤੇ ਹੁਸੈਨੀਵਾਲਾ ਬਾਰਡਰ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ, ਕਿਸਾਨਾਂ ਦੀ ਕਰਜ਼ਾ ਮੁਕਤੀ, ਸੂਬਿਆਂ ਨੂੰ ਵੱਧ ਅਧਿਕਾਰਾਂ ਦੀਆਂ ਮੰਗਾਂ ਨੂੰ ਲੈ ਕੇ 26 ਮਈ ਨੂੰ ਮੋਗਾ ਦੀ ਅਨਾਜ ਮੰਡੀ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਜ਼ਿਲਾ ਸੰਗਰੂਰ ਵਿੱਚੋਂ ਕਿਸਾਨਾਂ ਦੀ ਵੱਡੀ ਲਾਮਬੰਦੀ ਕਰਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਖੇਤੀ ਸੰਕਟ ਵਿੱਚੋਂ ਲੰਘ ਰਿਹਾ ਹੈ, ਪੰਜਾਬ ਦਾ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡੂੰਘਾ ਹੋਣ ਅਤੇ ਪੰਜਾਬ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਨਾ ਲੱਗਣ ਅਤੇ ਕਿਸਾਨਾਂ ਦੀ ਕਰਜ਼ੇ ਦੀ ਸਮੱਸਿਆ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੇ ਸੂਬਾ ਇਜਲਾਸ ਨੇ ਇਨ੍ਹਾਂ ਮੰਗਾਂ ਨੂੰ ਮੁੱਖ ਤੌਰ ਤੇ ਉਭਾਰਿਆ ਗਿਆ ਹੈ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਸਾਮਰਾਜੀ ਖੇਤੀ ਮਾਡਲ ਦੀ ਥਾਂ ਤੇ ਕੁਦਰਤ ਪੱਖੀ, ਮਨੁੱਖ ਪੱਖੀ ਅਤੇ ਸਥਾਨਕ ਲੋੜਾਂ ਮੁਤਾਬਕ ਖੇਤੀ ਮਾਡਲ ਤਿਆਰ ਕੀਤਾ ਜਾਵੇ ਅਤੇ ਸਰਕਾਰ ਵੱਖ ਵੱਖ ਜੋਨਾਂ ਵਿੱਚ ਬੀਜੀਆਂ ਫਸਲਾਂ ਨੂੰ ਸੁਆਮੀਨਾਥਨ ਦੇ C2+ 50% ਫਾਰਮੂਲੇ ਤਹਿਤ ਸਰਕਾਰੀ ਖ਼ਰੀਦ ਦੀ ਗਰੰਟੀ ਕਰੇ। ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਖੇਤੀ ਅਧਾਰਤ ਸਨਅਤ ਪੰਜਾਬ ਵਿੱਚ ਲਾਈ ਜਾਵੇ ਅਤੇ ਪੰਜਾਬ ਦੇ ਵਪਾਰ ਨੂੰ ਹੁਲਾਰਾ ਦੇਣ ਲਈ ਵਾਹਗਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਪਾਕਿਸਤਾਨ ਨਾਲ ਸੜਕ ਰਸਤੇ ਵਪਾਰ ਖੋਲ੍ਹਿਆ ਜਾਵੇ ਕਿਉਂਕਿ ਜਿੱਥੇ ਇੱਕ ਪਾਸੇ ਚੀਨ ਨਾਲ ਵੱਡੀ ਪੱਧਰ ਤੇ ਵਪਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਕਿ ਸਾਡੇ ਟਕਰਾਵੇਂ ਸਬੰਧ ਹਨ ਤੇ ਦੂਜੇ ਪਾਸੇ ਪਾਕਿਸਤਾਨ ਨਾਲ ਵੀ ਵਪਾਰ ਕੀਤਾ ਜਾ ਸਕਦਾ ਹੈ ਜਿਸ ਨਾਲ ਸਾਡੇ ਦੇਸ਼ ਦਾ ਆਰਥਿਕ ਲਾਭ ਵੀ ਹੋਵੇਗਾ। ਇਸੇ ਤਰਾਂ ਮੋਗਾ ਰੈਲੀ ਵਿਚ ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਪੰਜਾਬ ਦੇ ਅਧਿਕਾਰਾਂ ਤੇ ਕੇਂਦਰ ਵੱਲੋਂ ਮਾਰੇ ਜਾ ਰਹੇ ਡਾਕੇ ਦੇ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਬਲਾਕ ਕਮੇਟੀਆਂ ਦੀਆਂ ਮੀਟਿੰਗਾਂ ਕਰਕੇ ਪਿੰਡ ਪੱਧਰੀ ਲਾਮਬੰਦੀ ਲਈ ਮੀਟਿੰਗਾਂ, ਰੈਲੀਆਂ ਕਰਕੇ ਵਿਸ਼ਾਲ ਲਾਮਬੰਦੀ ਕੀਤੀ ਜਾਵੇਗੀ ।
ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਵਿੱਤ ਸਕੱਤਰ ਕੁਲਦੀਪ ਸਿੰਘ, ਜ਼ਿਲਾ ਆਗੂ ਹਰਦਮ ਸਿੰਘ ਰਾਜੋਮਾਜਰਾ, ਨਿਰਭੈ ਸਿੰਘ ਖਾਈ, ਬਲਵੀਰ ਸਿੰਘ ਰਾਏਧਰਾਣਾ, ਸੁਖਦੇਵ ਸਿੰਘ ਉਭਾਵਾਲ, ਗੁਰਮੇਲ ਸਿੰਘ, ਗੁਰਜੀਤ ਸਿੰਘ, ਮਲਕੀਤ ਸਿੰਘ ਬਹਾਦਰਪੁਰ, ਬਲਵਿੰਦਰ ਸਿੰਘ ਲੌਂਗੋਵਾਲ, ਸੁਰਿੰਦਰ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਸਾਹੋਕੇ, ਚਮਕੌਰ ਸਿੰਘ ਹਥਨ, ਦਰਸ਼ਨ ਸਿੰਘ ਹਾਜ਼ਰ ਸਨ।