ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਲੁਧਿਆਣਾ ਵਿੱਚ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਕਲੀਨਿਕਾਂ ਦੇ ਉਦਘਾਟਨ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 580 ਹੋ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ’ਚ 25.63 ਲੱਖ ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਚ ਕੁੱਲ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ। ਬੁਲਾਰੇ ਨੇ ਕਿਹਾ ਕਿ ਦਵਾਈਆਂ ਦੀ ਜ਼ਿਆਦਾ ਵਰਤੋਂ ਵੱਖ-ਵੱਖ ਮੌਸਮ ਦੌਰਾਨ ਫੈਲਦੀਆਂ ਬਿਮਾਰੀਆਂ ਕਾਰਨ ਹੁੰਦੀ ਹੈ।