ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕਰਨ ਲਈ 1 ਜੂਨ ਤੋਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸਾਰੀਆਂ ਨਜਾਇਜ਼ ਸਰਕਾਰੀ ਜ਼ਮੀਨਾਂ ਨੂੰ ਛੁਡਾਉਣ ਲਈ ਮੁਹਿੰਮ ਚਲਾਈ ਜਾਵੇਗੀ। ਸੀਐਮ ਮਾਨ ਨੇ ਸਾਰੇ ਨਾਜਾਇਜ਼ ਕਬਜ਼ਿਆਂ ਨੂੰ 31 ਮਈ ਤੱਕ ਖਾਲੀ ਕਰਨ ਲਈ ਕਿਹਾ ਹੈ।
ਇਸੇ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਡੀਡੀਪੀਓ) ਨੂੰ ਸੂਬੇ ਭਰ ਵਿੱਚ 10 ਜੂਨ ਤੱਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਹੁਕਮ ਦਿੱਤੇ ਹਨ। ਧਾਲੀਵਾਲ ਨੇ ਦੱਸਿਆ ਕਿ ਪਿਛਲੇ ਸਾਲ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਕੁੱਲ 9400 ਏਕੜ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ ਗਈਆਂ ਸਨ। ਜਦਕਿ ਦੂਜੇ ਪੜਾਅ ਵਿੱਚ ਉਨ੍ਹਾਂ ਕਿਹਾ ਕਿ 469 ਏਕੜ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਜਿਨ੍ਹਾਂ ਜ਼ਮੀਨਾਂ ਦਾ ਮਾਮਲਾ ਅਦਾਲਤ ਵਿੱਚ ਹੈ, ਇਸ ਤੋਂ ਇਲਾਵਾ ਬਾਕੀ ਸਾਰੀਆਂ ਪੰਚਾਇਤੀ ਜ਼ਮੀਨਾਂ ਨੂੰ 10 ਜੂਨ ਤੱਕ ਕਬਜ਼ੇ ਤੋਂ ਮੁਕਤ ਕਰਵਾਇਆ ਜਾਵੇ।