punjab chandigarh news

ਭਵਾਨੀਗੜ੍ਹ ਵਿਖੇ ਕਲੱਸਟਰ ਪੱਧਰੀ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਵੀ ਲਿਆ ਜਾਇਜ਼ਾ

By Daljit Kaur     20-May-2023

ਸੰਗਰੂਰ : ਆਪਣਾ ਪੰਜਾਬ ਮੀਡੀਆ : ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਬੰਦ ਪਏ ਨਹਿਰੀ ਖਾਲਿਆਂ ਨੂੰ ਬਹਾਲ ਕਰਨ ਅਤੇ ਨਵੇਂ ਮੋਘਿਆਂ ਦੀ ਤਜ਼ਵੀਜ਼ ਦੇ ਨਾਲ ਨਾਲ ਖਾਲਾਂ ਨੂੰ ਅੰਡਰਗਰਾਊਂਡ  ਪਾਈਪਾਂ ਰਾਹੀਂ ਕਵਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲ ਰਹੇ ਕਲੱਸਟਰ ਪੱਧਰੀ ਜਾਗਰੂਕਤਾ ਕੈਂਪਾਂ ਦੀ ਕਮਾਨ ਖੁਦ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਭਾਲੀ ਗਈ ਹੈ। ਅੱਜ ਭਵਾਨੀਗੜ੍ਹ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਲੱਗੇ ਅਜਿਹੇ ਕੈਂਪ ਨੂੰ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। 

ਇਸ ਕੈਂਪ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾ ਰਹੀ ਹੈ ਤਾਂ ਜੋ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੰਦ ਨਹਿਰੀ ਖਾਲ਼ਾਂ ਨੂੰ ਬਹਾਲ ਕੀਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਖਾਲਿਆਂ ਦਾ ਨਿਰੀਖਣ ਕਰ ਰਹੇ ਹਨ ਅਤੇ ਵਿਭਾਗੀ ਟੀਮਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਸਹਿਯੋਗ ਦੀ ਅਪੀਲ ਕਰ ਰਹੀਆਂ ਹਨ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਕਿਹਾ ਕਿ ਪਿੰਡਾਂ ਦੇ ਨਹਿਰੀ ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ’ਤੇ ਅੰਡਰਗਰਾਊਂਡ ਪਾਈਪਲਾਈਨ ਪਾਉਣ ਜਾਂ ਪੱਕੇ ਖਾਲ ਬਣਾਉਣ ਲਈ ਪੜਾਅਵਾਰ ਤਰੀਕੇ ਨਾਲ ਹਰ ਪਿੰਡ ਦੇ ਲੋਕਾਂ ਤੱਕ ਪਹੁੰਚਾਉਣ ਲਈ ਇਹ ਕੈਂਪ ਲਾਹੇਵੰਦ ਸਾਬਤ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਭੂਮੀ ਰੱਖਿਆ ਵਿਭਾਗ, ਟਿਊਬਵੈੱਲ ਕਾਰਪੋਰੇਸ਼ਨ ਅਤੇ ਸਿੰਜਾਈ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਧੇਰੇ ਵਰਤੋਂ ਕਰਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹੋਏ ਭਵਿੱਖ ਵਿੱਚ ਨਹਿਰੀ ਪਾਣੀ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇ ਸਕਣ। ਕੈਂਪ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਪਿੰਡ ਵਾਸੀ ਵੀ ਹਾਜ਼ਰ ਸਨ।


Related Posts

Book Your Advert.
ਇਸ਼ਤਿਹਾਰ ਹੈ ਤਾਂ ਵਪਾਰ ਹੈ

Opinion Poll