International

ਫਤਿਹਗੜ੍ਹ ਸਾਹਿਬ 'ਚ ਹੋਈ ਬੇਅਦਬੀ ਦੇ ਮਾਮਲੇ ਦਾ ਮੁਲਜ਼ਮ 7 ਦਿਨਾਂ ਦੇ ਪੁਲਸ ਰਿਮਾਂਡ 'ਤੇ

    17 October 2020

 ਫਤਿਹਗੜ੍ਹ ਸਾਹਿਬ ਦੇ ਦੋ ਵੱਖ-ਵੱਖ ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਸਹਿਜਵੀਰ ਸਿੰਘ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ 'ਚ ਪੇਸ਼ੀ ਕੀਤੀ ਗਈ।ਇਸ ਦੌਰਾਨ ਅਦਾਲਤ ਨੇ ਮੁਲਜ਼ਮ ਨੂੰ 7 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ ਹਾਲਾਂਕਿ ਪੁਲਸ ਵੱਲੋਂ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ ਪਰ ਅਦਾਲਤ ਨੇ 7 ਦਿਨ ਦੇ ਰਿਮਾਂਡ ਨੂੰ ਹੀ ਮਨਜ਼ੂਰੀ ਦਿੱਤੀ ਗਈ। ਉਥੇ ਹੀ ਦੂਜੇ ਪਾਸੇ ਐੱਸ. ਜੀ. ਪੀ. ਸੀ. ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਦੋਸ਼ੀ ਖ਼ਿਲਾਫ਼ ਹਰ ਤਰ੍ਹਾਂ ਦੇ ਕੇਸ ਲੜਨ ਦਾ ਖ਼ਰਚ ਐੱਸ. ਜੀ. ਪੀ. ਸੀ. ਚੁੱਕੇਗੀ।ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਇਕ ਨੌਜਵਾਨ ਨੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ, ਜਿਸ ਦਾ ਕੇਸ ਲੜਨ ਤੋਂ ਵਕੀਲ ਭਾਈਚਾਰੇ ਵੱਲੋਂ ਸਾਫ਼ ਤੌਰ 'ਤੇ ਇਨਕਾਰ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ 2 ਥਾਵਾਂ 'ਤੇ ਬੇਅਦਬੀ ਮਾਮਲਿਆਂ ਤੋਂ ਬਾਅਦ ਪਟਿਆਲਾ ਪੁਲਸ ਨੇ ਧਾਰਮਿਕ ਸਥਾਨਾਂ ਦੀ ਚੌਕਸੀ ਵਧਾ ਦਿੱਤੀ ਹੈ। ਪਿੰਡ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਪੁਲਸ ਨੇ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਧਾਰਮਿਕ ਸਥਾਨ ਦੀ ਚੌਕਸੀ ਵਧਾਈ ਜਾ ਸਕੇ। ਇਸ ਮਾਮਲੇ 'ਚ ਪਹਿਲ ਕਰਦਿਆਂ ਥਾਣਾ ਸਦਰ ਦੀ ਪੁਲਸ ਨੇ ਐੱਸ. ਐੱਚ. ਓ. ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਬੀਤੇ ਦਿਨੀਂ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਸੀ।ਡੀ. ਐੱਸ. ਪੀ. ਅਜੇਪਾਲ ਸਿੰਘ ਨੇ ਕਿਹਾ ਸੀ ਕਿ ਸ਼ਰਾਰਤੀ ਅਨਸਰਾਂ ਵੱਲੋਂ ਕਈ ਵਾਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨਾਲ ਮਾਹੌਲ ਖਰਾਬ ਹੋ ਸਕਦਾ ਹੈ। ਇਸ ਲਈ ਪਿੰਡ ਪੱਧਰ 'ਤੇ ਧਾਰਮਿਕ ਸਥਾਨਾਂ ਦੀ ਚੌਕਸੀ ਵਧਾ ਦਿੱਤੀ ਜਾਵੇ ਅਤੇ ਸਾਰੀਆਂ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣ ਤਾਂਕਿ 24 ਘੰਟੇ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਤਾਂ ਚੌਕਸੀ ਵਧਾ ਦਿੱਤੀ ਗਈ ਪਰ ਪਿੰਡਾਂ ਦੇ ਮੋਹਤਬਰ ਵਿਅਕਤੀ ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਿਗਰਾਨੀ ਰੱਖਣ।
Related Posts

0 Comments

    Be the one to post the comment

Leave a Comment