International

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਸਬੰਧੀ ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

    21 October 2020

ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦੇ ਹੋਏ ਕਤਲ ਦੇ ਸਬੰਧ 'ਚ ਅੱਜ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਜਿਥੇ ਕਾਮਰੇਡ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਾਮਰੇਡ ਬਲਵਿੰਦਰ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ। ਪੱਤਰ ਰਾਹੀਂ ਬਾਜਵਾ ਨੇ ਕਿਹਾ ਕਿ ਅੱਤਵਾਦੀਆਂ ਨੇ ਜਨਵਰੀ 1990 ਤੋਂ ਦਸੰਬਰ 1991 ਦੌਰਾਨ 16 ਵਾਰ ਕਾਮਰੇਡ ਬਲਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਅਤੇ ਤਿੰਨ ਮੈਂਬਰਾਂ 'ਤੇ ਹਮਲਾ ਕੀਤਾ ਹੈ। ਇਸ ਦੇ ਬਾਵਜੂਦ ਇਸ ਪਰਿਵਾਰ ਨੇ ਅੱਤਵਾਦੀਆਂ ਦਾ ਡਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਭਾਰਤ ਦਾ ਇਕਲੌਤਾ ਪਰਿਵਾਰ ਹੈ ਜਿਸਦੇ ਚਾਰ ਮੈਂਬਰਾਂ ਨੇ ਸ਼ੌਰਿਆ ਚੱਕਰ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਹਾਦਰ ਅਤੇ ਦੇਸ਼ ਭਗਤ ਪਰਿਵਾਰ ਦੇ ਆਗੂ ਦਾ ਖ਼ਾਤਮਾ ਸਿਰਫ ਇਕ ਕਤਲ ਨਹੀਂ ਸਗੋਂ ਇਹ ਇਕ ਸ਼ਰਮਸਾਰ ਅਤੇ ਹੈਰਾਨ ਕਰਨ ਵਾਲੀ ਘਟਨਾ ਵੀ ਹੈ ਕਿਉਂਕਿ ਇਸ ਵਿਅਕਤੀ ਅਤੇ ਉਸ ਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੋਣ ਦੇ ਬਾਵਜੂਦ ਵੀ ਉਸ ਦੀ ਰੱਖਿਆ ਕਰਨ ਦੀ ਬਜਾਏ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।ਉਨ੍ਹਾਂ ਕਿਹਾ ਕਿ ਇਸ ਦੇ ਉਲਟ ਜਿਹੜੇ ਵਿਅਕਤੀ ਬਰਗਾੜੀ ਅਤੇ ਬਹਿਬਲ ਕਲਾਂ ਵਰਗੇ ਗੰਭੀਰ ਮਾਮਲਿਆਂ ਵਿਚ ਦੋਸ਼ੀ ਹਨ, ਉਨ੍ਹਾਂ ਨੂੰ ਜੈਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਉਕਤ ਪਰਿਵਾਰ ਦੀ ਸੁਰੱਖਿਆ ਵਾਪਸ ਲਈ ਰਿਪੋਰਟਾਂ ਤਿਆਰ ਕੀਤੀਆਂ ਸਨ, ਉਨ੍ਹਾਂ ਦੀ ਵੀ ਉਚ ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਕੋਈ ਪੁਲਿਸ ਅਧਿਕਾਰੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ 'ਚ ਮਦਦ ਕਰਨ ਲਈ ਆਪਣੇ ਅਹੁੱਦੇ ਦੀ ਦੁਰਵਰਤੋਂ ਕਰਨ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੇ ਬਾਅਦ ਭਾਰਤ ਦੇਸ਼ ਨੇ ਇਕ ਰਾਸ਼ਟਰੀ ਨਾਇਕ ਨੂੰ ਗਵਾ ਲਿਆ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ।

Related Posts

0 Comments

    Be the one to post the comment

Leave a Comment