International

ਸੁਖਬੀਰ ਦਾ ਵਿਰੋਧ ਕਰਨ 'ਤੇ ਅਕਾਲੀ ਸਮਰਥਕਾਂ ਤੇ ਕਿਸਾਨਾਂ ਵਿਚਕਾਰ ਹੱਥੋਪਾਈ

    29 December 2020

ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਸਮਾਗਮ ਸੰਪੰਨ ਹੋਣ ਤੋਂ ਬਾਅਦ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਪੁੱਜੇ।ਇਸ ਦੌਰਾਨ ਕਿਸਾਨਾਂ ਅਤੇ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਥੋਂ ਤੱਕ ਕਿ ਪੁਲਸ ਨਾਲ ਧੱਕਾ-ਮੁੱਕੀ ਕਰਦੇ ਹੋਏ ਪ੍ਰਦਰਸ਼ਨਕਾਰੀ ਸੁਖਬੀਰ ਬਾਦਲ ਦੇ ਵਾਹਨ ਤੱਕ ਪੁੱਜਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ ਪੁਲਸ ਦੇ ਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਕਾਹਲੀ-ਕਾਹਲੀ 'ਚ ਸੁਖਬੀਰ ਬਾਦਲ ਦੇ ਕਾਫ਼ਲੇ ਦੇ ਵਾਹਨਾਂ ਦੀ ਦਿਸ਼ਾ ਬਦਲ ਦਿੱਤੀ।

ਪੁਲਸ ਨੇ ਅਮਰਜੈਂਸੀ ਗੇਟ ਖੋਲ੍ਹ ਕੇ ਸੁਖਬੀਰ ਬਾਦਲ ਨੂੰ ਉੱਥੋਂ ਕੱਢਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦਾ ਹੀ ਦੂਜਾ ਰੂਪ ਹੈ ਅਤੇ ਦੋਹਾਂ ਪਾਰਟੀਆਂ ਨੇ ਮਿਲ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹ ਇਨ੍ਹਾਂ ਪਾਰਟੀਆਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ ਅਤੇ ਇਨ੍ਹਾਂ ਦੇ ਆਗੂਆਂ ਨੂੰ ਪਿੰਡਾਂ 'ਚ ਆਉਣ ਨਹੀਂ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ 'ਚ ਨੇੜਲੇ ਪਿੰਡਾਂ ਦੇ ਜਵਾਨ ਸਨ, ਜੋ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕਰ ਰਹੇ ਸਨ।

ਪ੍ਰਦਰਸ਼ਨਕਾਰੀਆਂ ਦੇ ਇਸ ਕਦਮ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮਰਥਕ ਵੀ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਤੌਰ ’ਤੇ ਉਲਝ ਗਏ। ਇਸ ਦੌਰਾਨ ਹੋਈ ਹੱਥੋਪਾਈ 'ਚ ਇਕ ਪ੍ਰਦਰਸ਼ਨਕਾਰੀ ਦੀ ਪੱਗ ਉੱਤਰ ਗਈ। ਇਸ ਕਾਰਨ ਪ੍ਰਦਰਸ਼ਨਕਾਰੀ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਲੰਗਰ 'ਚ ਵਰਤੇ ਜਾਣ ਵਾਲੇ ਔਜਾਰਾਂ ਨਾਲ ਹੀ ਅਕਾਲੀ ਸਮਰਥਕਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਅਕਾਲੀ ਸਮਰਥਕਾਂ ਦੀਆਂ ਵੀ ਪੱਗਾਂ ਉੱਤਰ ਗਈਆਂ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Posts

0 Comments

    Be the one to post the comment

Leave a Comment